ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਪੱਛਡ਼ੀਆਂ ਸ਼੍ਰੇਣੀਆਂ, ਭੌਂ ਵਿਕਾਸ ਤੇ ਵਿੱਤ ਨਿਗਮਾਂ ਦੇ ਕਰਜ਼ਦਾਰਾਂ ਦਾ ਕਰਜ਼ਾ ਮੁਆਫ਼

-ਵਿਧਾਇਕ ਲਖਬੀਰ ਸਿੰਘ ਲੱਖਾ ਨੇ ਪਾਇਲ ਵਿੱਚ ਵੰਡੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ
ਪਾਇਲ/ਲੁਧਿਆਣਾ, 9 ਅਗਸਤ ( ਸਤ ਪਾਲ ਸੋਨੀ ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਜ਼ਿਲਾ ਲੁਧਿਆਣਾ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ (ਸੀਮਾਂਤ ਕਿਸਾਨ) ਸਮੇਤ ਹੋਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਅਤੇ ਪੰਜਾਬ ਪੱਛਡ਼ੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦੇ ਕਰਜ਼ਦਾਰਾਂ ਦਾ ਕਰਜ਼ਾ ਮੁਆਫ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਹਲਕਾ ਪਾਇਲ ਦੇ ਅਜਿਹੇ 95 ਕਰਜ਼ਦਾਰਾਂ ਨੂੰ ਅੱਜ ਹਲਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੇ 32 ਲੱਖ 64 ਹਜ਼ਾਰ 466 ਰੁਪਏ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ।
ਇਨਾਂ ਕਰਜ਼ਦਾਰਾਂ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਅਤੇ ਪੰਜਾਬ ਪੱਛਡ਼ੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦੇ ਕਰਮਵਾਰ 70 ਅਤੇ 25 ਲਾਭਪਾਤਰੀ ਕਰਜ਼ਦਾਰ ਸ਼ਾਮਿਲ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਲੱਖਾ ਨੇ ਕਿਹਾ ਕਿ ਕਰਜ਼ਾ ਰਾਹਤ ਯੋਜਨਾ ਦਾ ਲਾਭ ਕਿਸਾਨਾਂ ਅਤੇ ਗੈਰ-ਕਾਸ਼ਤਕਾਰਾਂ ਨੂੰ ਦੇਣ ਦੀ ਕਵਾਇਦ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰ ਯੋਗ ਲਾਭਪਾਤਰੀ ਨੂੰ ਲਾਭ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼ੁਰੂਆਤੀ ਗੇੜ ਵਿੱਚ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ, ਇਸ ਤੋਂ ਬਾਅਦ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਵਪਾਰਕ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਉਨਾਂ ਪਿਛਲੀ ਅਕਾਲੀ ਭਾਜਪਾ ਸਰਕਾਰ ਨੂੰ ਕਰਡ਼ੇ ਹੱਥੀਂ ਲੈਂਦਿਆਂ ਕਿਹਾ ਕਿ ਉਨਾਂ ਨੇ ਕਿਸਾਨੀ ਅਤੇ ਹੋਰ ਕਰਜ਼ਦਾਰਾਂ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਲਈ ਕੁਝ ਵੀ ਨਹੀਂ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਇਹ ਇਤਿਹਾਸਕ ਕਾਰਜ ਨੂੰ ਜਾਰੀ ਰੱਖੇਗੀ।
ਉਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੂੰ ਥੋੜਾ ਹੋਰ ਸਮਾਂ ਦੇਣ ਤਾਂ ਜੋ ਸੂਬੇ ਨੂੰ ਆਰਥਿਕ ਤੌਰ ‘ਤੇ ਪੈਰਾਂ ਸਿਰ ਕਰਨ ਉਪਰੰਤ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਸ਼ੀਲ ਕੁਮਾਰ, ਜ਼ਿਲਾ ਮੈਨੇਜਰ ਮੰਜੂ ਬਾਲਾ, ਵਿਭਾਗ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਅਤੇ ਹੋਰ ਲੋਕ ਹਾਜ਼ਰ ਸਨ। ਇਸ ਮੌਕੇ ਜ਼ਿਲਾ ਮੈਨੇਜਰ ਮੰਜੂ ਬਾਲਾ ਨੇ ਕਿਹਾ ਕਿ ਜਲਦੀ ਹੀ ਹਲਕਾ ਸਮਰਾਲਾ ਵਿੱਚ ਵੀ ਅਜਿਹੇ ਕਰਜ਼ਦਾਰਾਂ ਨੂੰ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਵੰਡੇ ਜਾਣਗੇ।

Geef een reactie

Het e-mailadres wordt niet gepubliceerd. Vereiste velden zijn gemarkeerd met *