550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਮੁੱਖ ਮੰਤਰੀ 23 ਨਵੰਬਰ ਨੂੰ ਕਰਨਗੇ ਸ਼ੁਰੂਆਤ

-ਮੁੱਖ ਮੰਤਰੀ ਦੇ ਚੀਫ ਪ੍ਰਮੁੱਖ ਸਕੱਤਰ ਨੇ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਦਿੱਤਾ ਅੰਤਿਮ ਰੂਪ
-ਕਿਹਾ, ਪਵਿੱਤਰ ਨਗਰੀ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਪ੍ਰਮੁੱਖ ਪ੍ਰਾਜੈਕਟਾਂ ਦਾ ਰੱਖਣਗੇ ਨੀਂਹ ਪੱਥਰ
ਸੁਲਤਾਨਪੁਰ ਲੋਧੀ (ਕਪੂਰਥਲਾ), ਇੰਦਰਜੀਤ ਸਿੰਘ ਚਾਹਲ
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ 23 ਨਵੰਬਰ 2018 ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ, ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨਗੇ। ਮੁੱਖ ਮੰਤਰੀ ਦੇ ਚੀਫ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਇਸ ਬਾਰੇ ਫ਼ੈਸਲਾ ਲਿਆ ਗਿਆ। ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ. ਗੁਰਕੀਰਤ ਕਿਰਪਾਲ ਸਿੰਘ ਦੀ ਹਾਜ਼ਰੀ ਵਿਚ ਹੋਈ ਇਸ ਮੀਟਿੰਗ ਦੌਰਾਨ ਚੀਫ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ 23 ਨਵੰਬਰ ਨੂੰ ਸਥਾਨਕ ਅਨਾਜ ਮੰਡੀ ਵਿਚ ਹੋਣ ਵਾਲੇ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਕਈ ਪ੍ਰਮੁੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਜਾਣਗੇ, ਜਿਹੜੇ ਕਿ ਪਵਿੱਤਰ ਨਗਰੀ ਨੂੰ ਨਵੀਂ ਦਿੱਖ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਵਿਚ ਸੜਕਾਂ ਦਾ ਮਜ਼ਬੂਤੀਕਰਨ ਅਤੇ ਚੌੜਾਕਰਨ, ਨਵਾਂ ਬੱਸ ਸਟੈਂਡ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ 41 ਪਿੰਡਾਂ ਦਾ ਸਰਪਪੱਖੀ ਵਿਕਾਸ ਸ਼ਾਮਿਲ ਹੋਵੇਗਾ। ਸ੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਇਸ ਦੇ ਨਾਲ ਹੀ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰਾ ਸਾਲ ਲੜੀਵਾਰ ਚੱਲਣ ਵਾਲੇ ਸਮਾਗਮਾਂ ਦੀ ਰਸਮੀ ਸ਼ੁਰੂਆਤ ਹੋ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਵੱਲੋਂ ਆਉਂਦੇ ਸਾਲ ਦੌਰਾਨ ਹੋਣ ਵਾਲੇ ਸਮਾਗਮਾਂ ਦਾ ਕੈਲੰਡਰ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰੀ ਅਤੇ ਬੇਮਿਸਾਲ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ। ਸ੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ, ਜਿਨ੍ਹਾਂ ਨੂੰ ਆਪਣੇ ਜੀਵਨ ਕਾਲ ਦੌਰਾਨ ਇਨ੍ਹਾਂ ਸਮਾਗਮਾਂ ਦਾ ਹਿੱਸਾ ਬਣਨ ਦਾ ਮੌਕਾ ਹਾਸਲ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸਮਾਗਮਾਂ ਨੂੰ ਕਾਮਯਾਬ ਬਣਾਉਣ ਲਈ ਸੇਵਾ ਸਮਝ ਕੇ ਸਾਰੇ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਇਥੇ ਪਹੁੰਚਣਗੀਆਂ। ਇਸ ਲਈ ਸਰਕਾਰ ਵੱਲੋਂ ਉਨ੍ਹਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ, ਜਿਨ੍ਹਾਂ ਵਿਚ ਸੁਰੱਖਿਆ, ਆਵਾਜਾਈ, ਰਿਹਾਇਸ਼, ਪਾਰਕਿੰਗ ਅਤੇ ਹੋਰ ਸਹੂਲਤਾਂ ਸ਼ਾਮਿਲ ਹੋਣਗੀਆਂ। ਸ੍ਰੀ ਸੁਰੇਸ਼ ਕੁਮਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਤੈਅ ਸਮਾਂ ਸੀਮਾ ਅਤੇ ਯੋਜਨਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਉਪਰੰਤ ਉਨ੍ਹਾਂ ਹੋਰਨਾਂ ਅਧਿਕਾਰੀਆਂ ਨਾਲ ਪ੍ਰਾਜੈਕਟਾਂ ਵਾਲੇ ਸਥਾਨਾਂ ਦਾ ਦੌਰਾ ਵੀ ਕੀਤਾ। ਬਾਅਦ ਵਿਚ ਚੀਫ ਪ੍ਰਮੁੱਖ ਸਕੱਤਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤਾ ਗਿਆ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿਚ ਪ੍ਰਮੁੱਖ ਸਕੱਤਰ ਪੀ. ਡਬਲਿਊ ਡੀ ਸ੍ਰੀ ਹੁਸਨ ਲਾਲ, ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਸਿੰਚਾਈ ਸ੍ਰੀ ਸਰਬਜੀਤ ਸਿੰਘ, ਆਈ. ਜੀ ਸ੍ਰੀ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮੁਹੰਮਦ ਤਇਅਬ, ਐਸ. ਐਸ. ਪੀ ਕਪੂਰਥਲਾ ਸ੍ਰੀ ਸਤਿੰਦਰ ਸਿੰਘ, ਸਥਾਨਕ ਸਰਕਾਰ ਵਿਭਾਗ ਦੇ ਡਾਇਰਕੈਟਰ ਸ੍ਰੀ ਕਰੁਨੇਸ਼ ਸ਼ਰਮਾ, ਡਾਇਰੈਕਟਰ ਪੰਚਾਇਤ ਸ. ਜਸਕਰਨ ਸਿੰਘ, ਡਾਇਰੈਕਟਰ ਟੂਰਿਜ਼ਮ ਸ੍ਰੀ ਮਾਲਵਿੰਦਰ ਸਿੰਘ ਜੱਗੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਤਹਿਸੀਲਦਾਰ ਸ੍ਰੀ ਗੁਰਮੀਤ ਸਿੰਘ ਮਾਨ, ਬੀ. ਡੀ. ਪੀ. ਓ ਸ. ਪਰਗਟ ਸਿੰਘ ਸਿੱਧੂ ਤੇ ਹੋਰ ਸ਼ਾਮਿਲ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *