ਪੁਲਵਾਮਾ ਦੇ ਸ਼ਹੀਦਾਂ ਨੂੰ ਨਿਰਮਲ ਕੁਟੀਆ ‘ਚ ਸ਼ਰਧਾਂਜਲੀਆਂ

ਸੁਲਤਾਨਪੁਰ ਲੋਧੀ,੨੧ ਫਰਵਰੀ(ਸੁਰਜੀਤ ਸਿੰਘ, ਪ੍ਰੋਮਿਲ ਕੁਮਾਰ)
ਪੁਲਵਾਮਾ ਵਿੱਚ ਸ਼ਹੀਦ ਹੋਏ ਸੀਆਰਪੀਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਹੋਏ ਸਮਾਗਮ ਵਿੱਚ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਵਾਨਾਂ ਵੱਲੋਂ ਸਰਹੱਦਾਂ ‘ਤੇ ਦਿੱਤੀ ਜਾ ਰਹੀ ਸੁਰੱਖਿਆ ਸਦਕਾ ਹੀ ਦੇਸ਼ ਦੇ ਲੋਕ ਸੁਖ ਦੀ ਨੀਂਦ ਸੌਂਦੇ ਹਨ।ਸੀਆਰਪੀਐਫ ਦੇ ਜਵਾਨਾਂ ਨੇ ਆਪਣੀ ਜਾਨ ਦੀ ਦੇਸ਼ ਵਾਸਤੇ ਕੁਰਬਾਨੀ ਦਿੱਤੀ ਹੈ।ਦੋਹਾਂ ਦੇਸ਼ਾਂ ਵਿੱਚ ਨਫਰਤ ਘੱਟਣੀ ਚਾਹੀਦੀ ਹੈ। ਕਸ਼ਮੀਰ ਵਿੱਚ ਵੀ ਸ਼ਾਂਤੀ ਆਵੇ।ਉਨ੍ਹਾਂ ਸ਼ਹੀਦ ਜਵਾਨਾਂ ਦੀ ਕੁਰਬਾਨੀ ਦੇ ਜ਼ਜ਼ਬੇ ਨੂੰ ਸਲਾਮ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਦੇਸ਼ ਦੀ ਖੁਸ਼ਹਾਲੀ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਕੰਮ ਕਰਨ ਦੀ ਲੋੜ ਹੈ। ਕਸ਼ਮੀਰ ਵਿੱਚ ਅਤਿਵਾਦ ਦੇ ਖਾਤਮੇ ਦੀ ਆਸ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਾਂਤੀ ਨਾਲ ਹਰ ਸੂਬੇ ਤੇ ਦੇਸ਼ ਦਾ ਵਿਕਾਸ ਹੋ ਸਕਦਾ ਹੈ। ਨਫਰਤ ਜਾਂ ਜੰਗ ਕਦੇ ਕਿਸੇ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਦਿਨ ਜਰੂਰ ਮਨਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਤੋਂ ਪ੍ਰੇਰਨਾ ਮਿਲ ਸਕੇ।
ਇਸ ਮੌਕੇ ਸੰਤ ਪਾਲ ਸਿੰਘ ਲੋਹੀਆ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆ ਕਿਹਾ ਕਿ ਅਤਿਵਾਦੀਆਂ ਨੇ ਇੱਕ ਤਰ੍ਹਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ।ਇਸ ਕਾਰਵਾਈ ਨੂੰ ਉਨ੍ਹਾਂ ਨੇ ਬੁਜ਼ਦਿਲਾਂ ਵਾਲੀ ਕਾਰਵਾਈ ਦੱਸਿਆ। ਸੀਚੇਵਾਲ ਦੇ ਸਰਪੰਚ ਤੇਜਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਵੈਰਾਗਮਈ ਕੀਰਤਨ ਵੀ ਕੀਤਾ।ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ਼ ਸੀਚੇਵਾਲ ਅਤੇ ਨਵਾਂ ਨਨਕਾਣਾ ਚੈਰੀਟੇਬਲ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਵੀ ਸ਼ਰਧਾਂਜਲੀ ਸਮਾਗਮ ਵਿੱਚ ਹਾਜ਼ਰੀ ਲਵਾਈ।ਇਸ ਮੌਕੇ ਸੰਤ ਸੁਖਜੀਤ ਸਿੰਘ ਜੀ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਸਰਪੰਚ ਜੋਗਾ ਸਿੰਘ ਚੱਕ ਚੇਲਾ, ਗੁਰਦੀਪ ਸਿੰਘ ਖੁਰਾਣਾ, ਭਜਨ ਸਿੰਘ ਭੋਰ, ਪ੍ਰੋ: ਕੁਲਵੰਤ ਕੌਰ, ਪ੍ਰੋ ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਰਜਵੰਤ ਕੌਰ, ਪ੍ਰੋ: ਗੁਰਸਾਹਿਬ ਸਿੰਘ, ਗੁਰਵਿੰਦਰ ਸਿੰਘ ਬੋਪਾਰਾਏ, ਭੂਸ਼ਨ ਕੁਮਾਰ, ਗੁਰਦੇਵ ਸਿੰਘ ਫੌਜੀ, ਤਰਲੋਚਨ ਸਿੰਘ ਫੌਜੀ ਅਤੇ ਹੋਰ ਸੰਗਤਾਂ ਵੀ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *