ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਾਜਵੰਤ ਸਿੰਘ)-ਜਦੋਂ ਵੀ ਪੰਜਾਬ ਨਾਲ ਕਿਸੇ ਨੇ ਧੱਕੇਸ਼ਾਹੀ ਕੀਤੀ ਹੈ ਜਾਂ ਜੁਲਮ ਕੀਤਾ ਹੈ ਤਾਂ ਹਮੇਸ਼ਾ ਹੀ ਬਹਾਦਰ ਪੰਜਾਬੀ ਔਰਤਾਂ ਨੇ ਮਰਦਾਂ ਦੇ ਬਰਾਬਰ ਖੜ੍ਹ ਕੇ ਜਾਲਮਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਤੇ ਹੁਣ ਕਿਸਾਨੀ ਸੰਘਰਸ਼ ਵਿੱਚ ਵੀ ਸੂਬੇ ਦੀਆਂ ਔਰਤਾਂ ਵੱਡੀ ਗਿਣਤੀ ਵਿੱਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਡਟੀਆਂ ਬੈਠੀਆਂ ਹਨ ਤੇ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦਾ ਜੋਰਦਾਰ ਵਿਰੋਧ ਕਰ ਰਹੀਆਂ ਹਨ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਬਾਰਡਰ ’ਤੇ ਮਹਿਲਾ ਕਿਸਾਨ ਦਿਵਸ ਮੌਕੇ ਔਰਤਾਂ ਦੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ, ਜੋ ਔਰਤ ਤੇ ਬਾਲ ਭਲਾਈ ਸੰਸਥਾ ਪੰਜਾਬ ਦੇ ਚੇਅਰਪਰਸਨ ਵੀ ਹਨ, ਨੇ ਕੀਤਾ । ਉਨ੍ਹਾਂ ਕਿਹਾ ਕਿ ਔਰਤ ਹੁਣ ਕਿਸੇ ਵੀ ਖੇਤਰ ਵਿੱਚ ਮਰਦਾਂ ਦੇ ਨਾਲੋਂ ਘੱਟ ਨਹੀਂ ਹਨ ਤੇ ਹੁਣ ਇਸ ਗੱਲ ਨੂੰ ਕਿਸਾਨਾਂ ਦੇ ਸੰਘਰਸ਼ ਨੇ ਵੀ ਸਾਬਤ ਕਰ ਦਿੱਤਾ ਹੈ। ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਹਿਲੇ ਦਿਨ ਤੋਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ਾਂ ਦਾ ਸਾਥ ਦੇ ਰਹੀਆਂ ਹਨ ਤੇ ਬੀਤੇ ਦੋ ਦਿਨਾਂ ਤੋਂ ਹਜ਼ਾਰਾਂ ਵਰਕਰਾਂ ਤੇ ਹੈਲਪਰਾਂ ਦਿੱਲੀ ਧਰਨਿਆਂ ਵਿੱਚ ਬੈਠੀਆਂ ਹਨ ਤੇ ਇੰਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੀਆਂ ਹਨ। ਕੌਮੀ ਪ੍ਰਧਾਨ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਜੋਰਦਾਰ ਨਿੰਦਾ ਕੀਤ ਤੇ ਕਿਹਾ ਕਿ ਜਦੋਂ ਤੱਕ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ , ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਮੱਠਾ ਨਹੀਂ ਪੈਣਾ ਤੇ ਕੇਂਦਰ ਸਰਕਾਰ ਨੂੰ ਸਾਰੇ ਭਰਮ ਭੁਲੇਖੇ ਕੱਢ ਦੇਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਲੋਕ ਮਾਰੂ ਹਨ । ਜੇਕਰ ਕਾਨੂੰਨ ਲਾਗੂ ਹੋ ਗਏ ਤਾਂ ਸਾਰੇ ਵਰਗ ਰਗੜੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਜੋ ਟਰੈਕਟਰ ਪਰੇਡ ਦਿੱਲੀ ਵਿਖੇ ਕੀਤੀ ਜਾ ਰਹੀ ਹੈ, ਉਸ ਦੌਰਾਨ ਵੀ ਵੱਡੀ ਗਿਣਤੀ ਵਿੱਚ ਔਰਤਾਂ ਸ਼ਮੂਲੀਅਤ ਕਰਨਗੀਆ । ਹਰਗੋਬਿੰਦ ਕੌਰ ਨੇ ਘਰਾਂ ਵਿੱਚ ਬੈਠੀਆਂ ਔਰਤਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਨਾਲ ਲੜੀ ਜਾ ਰਹੀ ਲੜਾਈ ਵਿਚ ਆਪਣਾ ਬਣਦਾ ਯੋਗਦਾਨ ਜਰੂਰ ਪਾਉਣ।