ਆਪਸੀ ਤਾਲਮੇਲ ਅਤੇ ਤੇਜ਼ੀ ਨਾਲ ਕੰਮ ਮੁਕੰਮਲ ਕਰਨ ਦੀ ਹਦਾਇਤ

ਸੁਲਤਾਨਪੁਰ ਲੋਧੀ (ਕਪੂਰਥਲਾ), 13 ਅਪ੍ਰੈਲ ਇੰਦਰਜੀਤ
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਵਿਧਾਇਕ ਅਤੇ ਸ਼ਤਾਬਦੀ ਸਮਾਗਤ ਕਮੇਟੀ ਦੇ ਉ¤ਪ ਪ੍ਰਧਾਨ ਸ. ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਐਸ. ਐਸ. ਪੀ ਕਪੂਰਥਲਾ ਸ੍ਰੀ ਸੰਦੀਪ ਸ਼ਰਮਾ ਦੀ ਮੌਜੂਦਗੀ ’ਚ ਹੋਈ ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਨਾਲ ਕੰਮਾਂ ਨੂੰ ਸਮੇਂ ਸਿਰ ਸ਼ੁਰੂ ਕਰਕੇ ਇਨ੍ਹਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਤਾਂ ਜੋ ਇਨ੍ਹਾਂ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਵਿਚ ਕੋਈ ਕਮੀ ਬਾਕੀ ਨਾ ਰਹੇ। ਉਨ੍ਹਾਂ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਆਪਣੇ ਜੀਵਨ ਵਿਚ ਇਨ੍ਹਾਂ ਸ਼ਤਾਬਦੀ ਸਮਾਗਮਾਂ ਦੇ ਗਵਾਹ ਬਣਨ ਦਾ ਮੌਕਾ ਮਿਲ ਰਿਹਾ ਹੈ। ਇਸ ਲਈ ਆਪਣੀ ਡਿਊਟੀ ਦੇ ਨਾਲ-ਨਾਲ ਇਸ ਕੰਮ ਨੂੰ ਸੇਵਾ ਦੇ ਤੌਰ ’ਤੇ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਇਨਸਾਨ ਜਾਂ ਸੰਸਥਾ ਸੇਵਾ ਦੇ ਇਸ ਮਹਾਨ ਕੰਮ ਵਿਚ ਆਪਣਾ ਯੋਗਦਾਨ ਪਾ ਸਕਦੀ ਹੈ। ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਦੀ ਕਾਇਆਕਲਪ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਥੇ ਘਰੇਲੂ ਹਵਾਈ ਅੱਡਾ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ, ਜੋ ਉਨ੍ਹਾਂ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਤੋਂ ਦਿੱਲੀ ਲਈ ਸ਼ਤਾਬਦੀ ਅਤੇ ਡਡਵਿੰਡੀ ਤੋਂ ਸੁਲਤਾਨਪੁਰ ਲੋਧੀ ਤੱਕ ਵਿਸ਼ੇਸ਼ ਰੇਲ ਗੱਡੀ ਚਲਾਉਣ ਲਈ ਵੀ ਸਰਕਾਰ ਨੂੰ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਪਹਿਲੀ ਪਾਤਸ਼ਾਹੀ ਦੇ ਨਾਂਅ ’ਤੇ ਕੋਈ ਵੱਡਾ ਇੰਸਟੀਚਿਊਟ ਸਥਾਪਿਤ ਕਰਨ ਲਈ ਵੀ ਉਹ ਸਰਕਾਰ ਨੂੰ ਅਪੀਲ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿਚੋਂ ਪਹੁੰਚਣ ਵਾਲੀਆਂ ਲੱਖਾਂ ਸੰਗਤਾਂ ਦੀ ਆਓ-ਭਗਤ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਇਸ ਮੌਕੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਕਾਰਜਾਂ ਸਬੰਧੀ ਮੁੱਖ ਮੰਤਰੀ ਪੱਧਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਸਰਕਾਰ ਨੂੰ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਰਕਾਰ ਵੱਲੋਂ ਪੀ. ਡਬਲਿਊ. ਡੀ. ਵਿਭਾਗ ਵੱਲੋਂ ਕਰਵਾਏ ਜਾਣ ਵਾਲੇ 239 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਬਜਟ ਵਿਚ 100 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਅਧਿਕਾਰੀਆਂ ਨੇ ਆਪਣੇ-ਆਪਣੇ ਵਿਭਾਗ ਵੱਲੋਂ ਕਰਵਾਏ ਜਾ ਰਹੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਹਾਜ਼ਰ ਸ਼ਹਿਰ ਦੇ ਪਤਵੰਤਿਆਂ ਵੱਲੋਂ ਸ਼ਤਾਬਦੀ ਸਮਾਗਮਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣੇ ਵਡਮੁੱਲੇ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਡੀ. ਐਸ. ਪੀ ਸ. ਵਰਿਆਮ ਸਿੰਘ, ਤਹਿਸੀਲਦਾਰ ਸ੍ਰੀ ਗੁਰਮੀਤ ਸਿੰਘ, ਐਕਸੀਅਨ ਪੀ. ਡਬਲਿਊ. ਡੀ ਸ੍ਰੀ ਵਰਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸ਼ਹਿਰ ਦੀਆਂ ਉ¤ਘੀਆਂ ਸ਼ਖਸੀਅਤਾਂ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *